ਵਿਦਿਆਰਥੀ ਦੀ ਮੌਤ ਸਬੰਧੀ ਜਾਂਚ ਕਮੇਟੀ ਬਣਾਈ

ਐਸ.ਏ.ਐਸ. ਨਗਰ (ਮੁਹਾਲੀ)– ਇੱਥੋਂ ਦੇ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਮਨਜੀਤ ਸਿੰਘ (16) ਦੀ ਹੋਈ ਭੇਤਭਰੀ ਮੌਤ ਸਬੰਧੀ ਸਕੂਲ ਪ੍ਰਸ਼ਾਸਨ ਖ਼ਿਲਾਫ਼ ਦਰਜ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਕ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਡਿਊਟੀ ’ਚ ਲਾਪ੍ਰਵਾਹੀ ਬਿਲਕੁਲ ਨਹੀਂ ਕੀਤੀ ਜਾਵੇਗੀ। ਪ੍ਰਾਜੈਕਟ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਦੀ ਨਿਗਰਾਨੀ ਹੇਠ ਬਣਾਈ ਗਈ ਜਾਂਚ ਕਮੇਟੀ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ ਅਤੇ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਦੇ ਪ੍ਰਿੰਸੀਪਲ ਕਰਨਲ ਅਮਰਜੀਤ ਸਿੰਘ ਸ਼ਾਮਲ ਹਨ। ਸਿੱਖਿਆ ਸਕੱਤਰ ਨੇ ਜਾਂਚ ਕਮੇਟੀ ਦੇ ਮੈਂਬਰਾਂ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਜਾਰੀ ਕਰਦਿਆਂ ਸਪੱਸ਼ਟ ਹਦਾਇਤਾਂ ਕੀਤੀਆਂ ਹਨ ਕਿ ਮਾਮਲੇ ਦੀ ਤਹਿ ਤੱਕ ਜਾਣ ਲਈ ਹਰੇਕ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਜਾਂਚ ਕਮੇਟੀ ਨੂੰ ਸੱਤ ਦੇ ਦਿਨਾਂ ਦੇ ਅੰਦਰ ਅੰਦਰ ਰਿਪੋਰਟ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਜੋ ਕੋਈ ਵੀ ਕਸੂਰਵਾਰ ਪਾਇਆ ਗਿਆ। ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਧਰ, ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਸਕੂਲ ਪ੍ਰਸ਼ਾਸਨ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਸਟਾਫ਼ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ।

Previous articleQantas repays over $4mn to staff it underpaid for 8 yrs
Next articleAus Home Affairs Minister tests positive for COVID-19