ਵੀਹ ਡਾਲਰ ਫ਼ੀਸ ਸ਼੍ਰੋਮਣੀ ਕਮੇਟੀ ਅਦਾ ਕਰੇ: ਕੈਪਟਨ

 

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗਰੀਬ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਫ਼ੀਸ ਆਪਣੇ ਖ਼ਜ਼ਾਨੇ ਵਿੱਚੋਂ ਭਰਨ ਲਈ ਆਖਿਆ ਹੈ। ਸ਼ਰਧਾਲੂਆਂ ਵਿੱਚ ਦੁਬਿਧਾ ਦੀਆਂ ਰਿਪੋਰਟਾਂ ਸਬੰਧੀ ਮੁੱਖ ਮੰਤਰੀ ਨੇ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਦੀ ਬਜਾਏ ਸ਼ਨਾਖ਼ਤ ਦੇ ਸਬੂਤ ਵਜੋਂ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ ਦਸਤਾਵੇਜ਼ਾਂ ਨੂੰ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਦਲਵੇਂ ਦਸਤਾਵੇਜ਼ਾਂ ਦੀ ਵਿਧੀ ਨੂੰ ਅਪਣਾਇਆ ਜਾ ਸਕਦਾ ਹੈ ਕਿਉਂਕਿ ਕਿਸੇ ਵੀ ਤਰ੍ਹਾਂ ਪਾਸਪੋਰਟ ’ਤੇ ਵੀਜ਼ੇ ਦੀ ਮੋਹਰ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲਾਂਘਾ ਪਾਰ ਕਰ ਕੇ ਇਤਿਹਾਸਕ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਘੱਟ ਗਿਣਤੀ ਦਾ ਮਤਲਬ ਇਹ ਨਹੀਂ ਹੈ ਕਿ ਲੋਕਾਂ ਵਿੱਚ ਦਿਲਚਸਪੀ ਨਹੀਂ ਹੈ ਸਗੋਂ ਪਾਸਪੋਰਟ ਅਤੇ 20 ਡਾਲਰ ਦੀ ਫ਼ੀਸ ਇਸ ਦਾ ਮੁੱਖ ਕਾਰਨ ਬਣੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਵਿੱਚ ਹਨ ਪਰ ਇਨ੍ਹਾਂ ਰੁਕਾਵਟਾਂ ਕਾਰਨ ਉਨ੍ਹਾਂ ਨੂੰ ਵਾਪਸ ਮੁੜਨਾ ਪੈਂਦਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਬਾਰੇ ਕੀਤੇ ਐੱਮਓਯੂ ਵਿੱਚ ਸੋਧ ਕਰ ਕੇ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸ਼ਰਧਾਲੂਆਂ ਦੀ ਦਰਸ਼ਨਾਂ ਦੀ ਤਾਂਘ ਪੂਰੀ ਨਾ ਹੋ ਸਕੀ ਤਾਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦੇ ਸਾਂਝੇ ਯਤਨਾਂ ਨਾਲ ਹਕੀਕਤ ਵਿੱਚ ਆਏ ਇਸ ਵਿਲੱਖਣ ਉਪਰਾਲੇ ਦਾ ਮੰਤਵ ਧੁੰਦਲਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 550ਵੇਂ ਪ੍ਰ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣ ਤੋਂ ਸਿੱਧ ਹੁੰਦਾ ਹੈ ਕਿ ਇਸ ਧਾਰਮਿਕ ਸੰਸਥਾ ਕੋਲ ਮਾਇਆ ਦੀ ਕੋਈ ਤੋਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਮੌਕੇ ਨੂੰ ਸਿਆਸੀ ਨੁਕਤੇ ਵਜੋਂ ਉਭਾਰਨ ਲਈ ਮਾਇਆ ਦਾ ਦਿਖਾਵਾ ਕਰਨ ਦੀ ਬਜਾਏ ਕਮੇਟੀ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਸ਼ਰਧਾਲੂਆਂ, ਖ਼ਾਸ ਕਰ ਕੇ ਪੀਲੇ ਕਾਰਡ ਧਾਰਕਾਂ ਦੀ 20-20 ਡਾਲਰ ਦੀ ਫੀਸ ਭਰਨੀ ਚਾਹੀਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਖ਼ਾਸ ਕਰ ਕੇ ਬਾਦਲ ਪਰਿਵਾਰ ਭਾਈਚਾਰੇ ਲਈ ਮਾਇਆ ਦੇ ਰੂਪ ਵਿੱਚ ਕੋਈ ਯੋਗਦਾਨ ਕਿਉਂ ਨਹੀਂ ਪਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਰਾਖੇ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਆਪਣੀ ਕੰਟਰੋਲ ਹੇਠਲੀ ਸ਼੍ਰੋਮਣੀ ਕਮੇਟੀ ਨੂੰ ਘੱਟੋ-ਘੱਟ ਇਹ ਤਾਂ ਕਹਿ ਸਕਦੇ ਹਨ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰੇ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਗਰੀਬ ਸ਼ਰਧਾਲੂਆਂ ਦੀ ਮਦਦ ਕੀਤੀ ਜਾਵੇ ਕਿਉਂਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਨ੍ਹਾਂ ਸ਼ਰਧਾਲੂਆਂ ਦੇ ਸੁਫ਼ਨੇ ਕਦੇ ਹਕੀਕਤ ਨਹੀਂ ਬਣ ਸਕਦੇ।

Previous articleਸ਼੍ਰੋਮਣੀ ਕਮੇਟੀ ਵੱਲੋਂ ਕਰਤਾਰਪੁਰ ਦੇ ਸ਼ਰਧਾਲੂਆਂ ਲਈ ਕਾਊਂਟਰ ਖੋਲ੍ਹਣ ਦੀ ਪੇਸ਼ਕਸ਼
Next articleਮਨਰੇਗਾ ਘੁਟਾਲਾ: ਕੱਚੇ ਮੁਲਾਜ਼ਮਾਂ ਵਿਰੁੱਧ ਕਾਰਵਾਈ, ਅਫਸਰ ਆਜ਼ਾਦ