ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਅਖ਼ਤਿਆਰੀ ਫੰਡ ’ਤੇ ਸਾਲ ਲਈ ਰੋਕ

ਅੰਮ੍ਰਿਤਸਰ  (ਸਮਾਜਵੀਕਲੀ)  : ਮਹਾਮਾਰੀ ਕਰਕੇ ਪੈਦਾ ਹੋਏ ਵਿੱਤੀ ਸੰਕਟ ਵਿਚੋਂ ਨਿਕਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉੱਚ ਪੱਧਰੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜੋ ਸਮੁੱਚੇ ਵਿੱਤੀ ਮਾਮਲਿਆਂ ਦੀ ਸਮੀਖਿਆ ਕਰੇਗੀ। ਫਿਲਹਾਲ ਇਸ ਵਿੱਤੀ ਸੰਕਟ ਤੋਂ ਰਾਹਤ ਲਈ ਸ਼੍ਰੋਮਣੀ ਕਮੇਟੀ ਨੇ ਸਮੂਹ ਮੈਂਬਰਾਂ ਦੇ ਅਖਤਿਆਰੀ ਕੋਟੇ ’ਤੇ ਇਕ ਸਾਲ ਲਈ ਰੋਕ ਲਾ ਦਿੱਤੀ ਹੈ ਅਤੇ ਤਿੰਨ ਮਹੀਨਿਆਂ ਵਾਸਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਨਹੀਂ ਦਿੱਤੀ ਜਾਵੇਗੀ।

ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਕੀਤਾ ਗਿਆ ਹੈ। ਇਹ ਇਕੱਤਰਤਾ ਵੱਲਾ ਨੇੜੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਵਿਚ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਉਚ ਪੱਧਰੀ ਸਮੀਖਿਆ ਕਮੇਟੀ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਮੁਖ ਸਕੱਤਰ ਡਾ. ਰੂਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਮੂਹ ਗੁਰਦੁਆਰੇ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਤ ਵਿੱਤੀ ਮਾਮਲਿਆਂ ਦੀ ਸਮੀਖਿਆ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਮਾਰਗ ਸਬੰਧੀ ਕੇਂਦਰ ਸਰਕਾਰ ਕੋਲ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਹੈ। ਕੋਟ ਖਾਲਸਾ ਇਲਾਕੇ ਅਤੇ ਹਰਿਆਣਾ ਦੇ ਪਿਹੋਵਾ ਵਿਖੇ ਬੇਅਦਬੀ ਸਬੰਧੀ ਨਿਖੇਧੀ ਮਤਾ ਪਾਸ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।

Previous article9 special Karnataka train ferry 13,381 migrants home
Next articleਪੰਜਾਬ ਲਈ ਅਸਲ ਪ੍ਰੀਖਿਆ ਦਾ ਸਮਾਂ: ਅਮਰਿੰਦਰ