ਸਿੱਖਿਆ ਮੰਤਰੀ ਵੱਲੋਂ ਮੀਟਿੰਗ ਮੁਲਤਵੀ; ਅਧਿਆਪਕ ਨਾਰਾਜ਼

ਚੰਡੀਗੜ੍ਹ (ਸਮਾਜ ਵੀਕਲੀ) : ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਇਕ ਜ਼ਰੂਰੀ ਵਰਚੁਅਲ ਮੀਟਿੰਗ ਬਲਕਾਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਿੱਖਿਆ ਮੰਤਰੀ ਵੱਲੋਂ ਮੋਰਚੇ ਨਾਲ 3 ਮਈ ਦੀ ਤੈਅਸ਼ੁਦਾ ਮੀਟਿੰਗ ਨੂੰ ਪਹਿਲਾਂ 6 ਮਈ ’ਤੇ ਪਾਉਣ ਅਤੇ ਹੁਣ 15 ਮਈ ਤੱਕ ਮੁਲਤਵੀ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ 9 ਮਈ ਨੂੰ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰਨ ਅਤੇ ਮੋਰਚੇ ਦਾ ਵਿਸਥਾਰ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ।

ਸਾਂਝਾ ਅਧਿਆਪਕ ਮੋਰਚਾ ਦੇ ਸੂਬਾ ਕਨਵੀਨਰਾਂ ਬਲਜੀਤ ਸਿੰਘ ਸਲਾਣਾ, ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਹਰਜੀਤ ਸਿੰਘ ਬਸੋਤਾ, ਬਲਕਾਰ ਸਿੰਘ ਵਲਟੋਹਾ ਅਤੇ ਸੂਬਾ ਕੋ-ਕਨਵੀਨਰਾਂ ਸੁਖਜਿੰਦਰ ਸਿੰਘ ਹਰੀਕਾ ਅਤੇ ਸੁਖਰਾਜ ਸਿੰਘ ਕਾਹਲੋਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਸਿੱਖਿਆ ਤੰਤਰ ਦੇ ਕੁੱਲ ਖਾਤਮੇ ਦੇ ਨਿਸ਼ਾਨੇ ਤਹਿਤ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖਲਾ ਸੈਕੰਡਰੀ ਸਕੂਲਾਂ ਵਿੱਚ ਕਰਨ ਦੇ ਹੁਕਮ ਚਾੜ੍ਹੇ ਜਾ ਰਹੇ ਹਨ, ਦੂਜੇ ਪਾਸੇ ਇਨ੍ਹਾਂ ਦਾਖਲਿਆਂ ਨੂੰ ਆਪਸ਼ਨਲ ਕਹਿ ਕੇ ਅਤੇ ਕੇਵਲ ਨਿੱਜੀ ਸਕੂਲਾਂ ਦੇ ਬੱਚਿਆਂ ਦਾ ਦਾਖਲਾ ਦੱਸ ਕੇ ਅਧਿਆਪਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਆਗੂਆਂ ਨੇ ਦੱਸਿਆ ਕਿ ਅਸਲ ਵਿੱਚ ਸਰਕਾਰ ਵੱਲੋਂ ਰਾਸ਼ਟਰੀ ਸਿੱਖਿਆ ਨੀਤੀ-2020 ਤਹਿਤ ਪੰਜਾਬ ਵਿੱਚ ਸਿੱਖਿਆ ਦਾ ਕਾਰਪੋਰੇਟ ਮਾਡਲ ਲਾਗੂ ਕਰਨ ਦੀ ਤਿਆਰੀ ਵਿੱਢੀ ਹੋਈ ਹੈ, ਜਿਸ ਲਈ ਪ੍ਰਾਇਮਰੀ, ਮਿਡਲ, ਹਾਈ ਸਮੇਤ ਸਾਰੇ ਛੋਟੇ ਸਕੇਲ ਦੇ ਸਕੂਲਾਂ ਨੂੰ, ਵਿਦਿਆਰਥੀਆਂ ਦੀ ਘੱਟ ਗਿਣਤੀ ਜਾਂ ਹੋਰ ਕਾਰਨਾਂ ਦੇ ਹਵਾਲੇ ਨਾਲ ਬੰਦ ਕਰਕੇ, ਚੋਣਵੇਂ ਸਕੂਲਾਂ ਨੂੰ ਵੱਡ-ਆਕਾਰੀ ‘ਕੰਪਲੈਕਸ ਸਕੂਲਾਂ’ ਵਿੱਚ ਤਬਦੀਲ ਕਰਨ ਅਤੇ ਸਿੱਖਿਆ ਦੇ ਖੇਤਰ ਵਿੱਚ ਕਾਰਪੋਰੇਟੀ ਲੁੱਟ ਨੂੰ ਹੋਰ ਤੇਜ਼ ਅਤੇ ਸੰਗਠਿਤ ਕਰਨ ਦਾ ਆਧਾਰ ਤਿਆਰ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਕੈਪਟਨ ਅਤੇ ਮੋਦੀ ਸਰਕਾਰਾਂ ਦੇ ਨੀਤੀਆਂ ਪੱਖੋਂ ਇੱਕ-ਮਿੱਕ ਹੋਣ ਅਤੇ ਕਾਰਪੋਰੇਟ ਪ੍ਰਤੀ ਬਰਾਬਰ ਹੇਜ ਨੂੰ ਉਜਾਗਰ ਹੋਣ ਤੋਂ ਰੋਕਣ ਦੇ ਨਾਲ-ਨਾਲ ਅਧਿਆਪਕ ਵਰਗ ਦੇ ਰੋਹ ਨੂੰ ਠੱਲ੍ਹ ਪਾਉਣ ਲਈ ਸਿੱਖਿਆ ਵਿਭਾਗ ਵੱਲੋਂ ਗੁਮਰਾਹਕੁਨ ਪ੍ਰਚਾਰ ਦਾ ਸਹਾਰਾ ਲਿਆ ਜਾ ਰਿਹਾ ਹੈ, ਜਿਸ ਦਾ ਮੋੜਵਾਂ ਜਵਾਬ ਦਿੱਤਾ ਜਾਵੇਗਾ।

ਇਸ ਮੌਕੇ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਕੀਤੀਆਂ ਬਦਲੀਆਂ ਨੂੰ ਲਾਗੂ ਕਰਨ ਦੀ ਮਿਤੀ ਪੰਜਵੀਂ ਵਾਰ ਅੱਗੇ ਪਾਉਣ ਨੂੰ ਸਿੱਖਿਆ ਵਿਭਾਗ ਦੀ ਘੋਰ ਨਲਾਇਕੀ ਕਰਾਰ ਦਿੱਤਾ ਗਿਆ। ਪ੍ਰਾਇਮਰੀ ਵਰਗ ਸਮੇਤ ਵੱਖ-ਵੱਖ ਕਾਰਨਾਂ ਕਰਕੇ ਰੋਕੀਆਂ ਸਾਰੀਆਂ ਬਦਲੀਆਂ ਬਿਨਾਂ ਸ਼ਰਤ ਲਾਗੂ ਕਰਨ ਅਤੇ ਸਰਕਾਰੀ ਸਕੂਲਾਂ ਵਿੱਚ ਖਾਲੀ ਸਾਰੀਆਂ ਅਸਾਮੀਆਂ ਨੂੰ ਤਰੱਕੀਆਂ ਅਤੇ ਨਵੀਂ ਭਰਤੀ ਰਾਹੀਂ ਤੁਰੰਤ ਭਰਨਾ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਾਲਾਬੰਦੀ: ਦੁਕਾਨਦਾਰਾਂ ਤੇ ਮਜ਼ਦੂਰਾਂ ਦੇ ਹੱਕ ’ਚ ਡਟਣਗੇ ਕਿਸਾਨ
Next articleਕਰੋਨਾ – ਗ਼ਜ਼ਲ