ਪੰਜਾਬ ’ਚ ਚੋਣ ਪਾਬੰਦੀਆਂ ਵਧਣ ਦੇ ਆਸਾਰ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਵਿੱਚ ਕਰੋਨਾਵਾਇਰਸ ਦੇ ਲਗਾਤਾਰ ਵਧ ਰਹੇ ਮਾਮਲਿਆਂ ਕਰਕੇ ਚੋਣ ਕਮਿਸ਼ਨ ਵੱਲੋਂ ਵੱਡੀਆਂ ਰੈਲੀਆਂ ’ਤੇ ਲਾਈਆਂ ਪਾਬੰਦੀਆਂ ਦੀ ਮਿਆਦ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਸੂਬੇ ਦੀਆਂ ਸਿਆਸੀ ਧਿਰਾਂ ਵੀ ਚੋਣ ਪ੍ਰਚਾਰ ਲਈ ਵੱਡੀਆਂ ਰੈਲੀਆਂ ਦੀ ਛੋਟ ਦਾ ਇੰਤਜ਼ਾਰ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਵੱਲੋਂ ਤਕਰੀਬਨ ਸਾਰੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਾਂਗਰਸ ਅਤੇ ਸੰਯੁਕਤ ਸਮਾਜ ਪਾਰਟੀ ਨੇ ਵੀ ਵੱਡੀ ਗਿਣਤੀ ਉਮੀਦਵਾਰ ਐਲਾਨ ਦਿੱਤੇ ਹਨ। ਭਾਜਪਾ ਦੀ ਅਗਵਾਈ ਵਾਲਾ ਗੱਠਜੋੜ ਹਾਲੇ ਤੱਕ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਨਹੀਂ ਦੇ ਸਕਿਆ ਹੈ।

ਪ੍ਰਮੁੱਖ ਧਿਰਾਂ ਦੇ ਉਮੀਦਵਾਰਾਂ ਦੇ ਮੈਦਾਨ ’ਚ ਆਉਣ ਦੇ ਬਾਵਜੂਦ ਚੋਣ ਮਾਹੌਲ ਪੂਰੀ ਤਰ੍ਹਾਂ ਠੰਢਾ ਪਿਆ ਹੈ। ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਚੋਣਾਂ ਦਾ ਐਲਾਨ ਕਰਦਿਆਂ ਹੀ ਹਫ਼ਤੇ ਭਰ ਲਈ ਵੱਡੀਆਂ ਰੈਲੀਆਂ, ਮਾਰਚਾਂ ਅਤੇ ਮੀਟਿੰਗਾਂ ’ਤੇ ਪਾਬੰਦੀ ਲਗਾ ਦਿੱਤੀ ਸੀ ਜਿਸ ਨੇ ਸਿਆਸੀ ਪਾਰਟੀਆਂ ਨੂੰ ਪ੍ਰਚਾਰ ਦੇ ਰੰਗ-ਢੰਗ ਬਦਲਣ ਲਈ ਮਜਬੂਰ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਇਹ ਪਾਬੰਦੀਆਂ 15 ਜਨਵਰੀ ਤੱਕ ਲਾਈਆਂ ਗਈਆਂ ਸਨ ਜਿਨ੍ਹਾਂ ਨੂੰ 22 ਜਨਵਰੀ ਤੱਕ ਵਧਾ ਦਿੱਤਾ ਗਿਆ ਸੀ। ਕਮਿਸ਼ਨ ਹੁਣ 22 ਜਨਵਰੀ ਨੂੰ ਪਾਬੰਦੀਆਂ ਦੀ ਸਮੀਖਿਆ ਕਰੇਗਾ। ਚੋਣ ਕਮਿਸ਼ਨ ਨਾਲ ਜੁੜੇ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਜਿਸ ਤਰ੍ਹਾਂ ਕਰੋਨਾ ਦੀ ਲਾਗ ਦੇ ਮਾਮਲੇ ਰੋਜ਼ਾਨਾ ਵਧ ਰਹੇ ਹਨ, ਉਸ ਨੂੰ ਦੇਖਦਿਆਂ ਹਾਲ ਦੀ ਘੜੀ ਇਹੀ ਮੰਨਿਆ ਜਾ ਰਿਹਾ ਹੈ ਕਿ ਪਾਬੰਦੀਆਂ ਦੀ ਮਿਆਦ ਕੁੱਝ ਹੋਰ ਦਿਨਾਂ ਲਈ ਵਧ ਵੀ ਸਕਦੀ ਹੈ। ਸੂਬੇ ਵਿੱਚ ਬੁੱਧਵਾਰ ਨੂੰ ਕਰੋਨਾ ਦੀ ਲਾਗ ਦੇ 7849 ਸੱਜਰੇ ਮਾਮਲੇ ਸਾਹਮਣੇ ਆਏ ਸਨ ਅਤੇ 27 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਸੀ।

ਪੰਜਾਬ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਵਾਇਰਸ ਜਿਸ ਤਰ੍ਹਾਂ ਤੇਜ਼ੀ ਨਾਲ ਫੈਲ ਰਿਹਾ ਹੈ, ਉਸ ਨੂੰ ਦੇਖਦਿਆਂ ਇਹ ਵੀ ਕਿਹਾ ਜਾ ਸਕਦਾ ਹੈ ਕਿ ਕਰੋਨਾ ਦੀ ਤੀਸਰੀ ਲਹਿਰ ’ਚ ਗਿਰਾਵਟ ਵੀ ਤੇਜ਼ੀ ਨਾਲ ਹੀ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਰੋਨਾ ਦੀ ਤੀਜੀ ਲਹਿਰ ਦਾ ਸਿਖਰ ਕੁੱਝ ਦਿਨਾਂ ਤੱਕ ਆ ਸਕਦਾ ਹੈ ਅਤੇ ਜਨਵਰੀ ਦੇ ਅੰਤ ਜਾਂ ਫਰਵਰੀ ਦੇ ਪਹਿਲੇ ਹਫ਼ਤੇ ਤੱਕ ਮੋੜਾ ਪੈਣ ਦੀ ਵੀ ਸੰਭਾਵਨਾ ਹੈ। ਚੋਣ ਕਮਿਸ਼ਨ ਵੱਲੋਂ ਸਮੀਖਿਆ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰ ਦੇ ਸਿਹਤ ਅਧਿਕਾਰੀਆਂ ਤੋਂ ਲਗਾਤਾਰ ਰਿਪੋਰਟਾਂ ਲਈਆਂ ਜਾ ਰਹੀਆਂ ਹਨ। ਪੰਜਾਬ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ ਲਈ ਚੋਣਾਂ ਇੱਕੋ ਗੇੜ ਵਿੱਚ ਪਹਿਲਾਂ 14 ਫਰਵਰੀ ਨੂੰ ਹੋਣੀਆਂ ਸਨ ਪਰ ਹੁਣ ਕਮਿਸ਼ਨ ਦੇ ਫੈਸਲੇ ਮੁਤਾਬਕ 20 ਫਰਵਰੀ ਨੂੰ ਹੋਣਗੀਆਂ। ਇਸ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅਮਲ 25 ਜਨਵਰੀ ਤੋਂ ਸ਼ੁਰੂ ਹੋ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ‘ਆਪ’ ਆਗੂ ਭਗਵੰਤ ਮਾਨ ਨੇ ਚੋਣਾਂ ਦੇ ਐਲਾਨ ਤੋਂ ਪਹਿਲਾ ਇੱਕ ਵਾਰੀ ਤਾਂ ਮੈਦਾਨ ਭਖਾ ਲਿਆ ਸੀ ਪਰ ਚੋਣ ਕਮਿਸ਼ਨ ਦੀਆਂ ਪਾਬੰਦੀਆਂ ਨੇ ਸਿਆਸੀ ਆਗੂਆਂ ਤੇ ਪਾਰਟੀਆਂ ਦੀਆਂ ਗਤੀਵਿਧੀਆਂ ਸੀਮਤ ਕਰ ਦਿੱਤੀਆਂ ਹਨ।ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਗੱਠਜੋੜ ਚੋਣ ਪ੍ਰਚਾਰ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਨਾਲ ਪੱਛੜਿਆ ਹੋਇਆ ਦਿਖਾਈ ਦੇ ਰਿਹਾ ਹੈ। ਸੂਬੇ ਦੀਆਂ ਸਿਆਸੀ ਧਿਰਾਂ ਲਈ 25 ਜਨਵਰੀ ਤੋਂ ਬਾਅਦ ਦਾ ਸਮਾਂ ਬੇਹੱਦ ਮਹੱਤਵਪੂਰਨ ਹੈ। ਚੋਣ ਕਮਿਸ਼ਨ ਦੀਆਂ ਅਚਾਨਕ ਪਾਬੰਦੀਆਂ ਕਾਰਨ ਸਿਆਸੀ ਪਾਰਟੀਆਂ ਦਾ ਸਾਰਾ ਦਾਰੋਮਦਾਰ ਫੇਸਬੁੱਕ, ਯੂਟਿਊਬ, ਟਵਿੱਟਰ, ਇੰਸਟਾਗਰਾਮ ਅਤੇ ਸੰਚਾਰ ਦੇ ਹੋਰ ਸਾਧਨਾਂ ਦੁਆਲੇ ਹੀ ਕੇਂਦਰਤ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੁੱਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ਰਾਹੀਂ ਚੋਣ ਮੁਹਿੰਮ ਆਰੰਭੀ ਹੈ। ਇਸ ਤੋਂ ਇਲਾਵਾ ਹੋਰ ਪਾਰਟੀਆਂ ਵੀ ਸੋਸ਼ਲ ਮੀਡੀਆ ਜ਼ਰੀਏ ਪ੍ਰਚਾਰ ਕਰ ਰਹੀਆਂ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਈਡੀ ਛਾਪੇ: ਕਾਂਗਰਸ ਵੱਲੋਂ ਚੋਣ ਕਮਿਸ਼ਨ ਤੱਕ ਪਹੁੰਚ
Next articleਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ