ਸ਼ਰਧਾਲੂਆਂ ਲਈ ਖੁਸ਼ਖਬਰੀ: ਏਅਰ ਇੰਡੀਆ ਨੇ ਅੰਮ੍ਰਿਤਸਰ – ਨਾਂਦੇੜ ਸਿੱਧੀ ਉਡਾਣ ਦੀ ਬੁਕਿੰਗ ਮੁੜ ਸ਼ੁਰੂ ਕੀਤੀ

Sameep-Singh-Gumtala

ਹਫਤੇ ਵਿੱਚ ਹੋਵੇਗੀ ਸਿਰਫ ਇਕ ਉਡਾਣ, ਮੁੰਬਈ ਨੂੰ ਵੀ ਸਿੱਧਾ ਨਾਂਦੇੜ ਨਾਲ ਜੋੜਿਆ ਗਿਆ

ਨਵੰਬਰ (ਸਮਾਜ ਵੀਕਲੀ): ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਪੰਜ ਸਿੱਖ ਤਖ਼ਤਾਂ ਵਿੱਚੋਂ ਇੱਕ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਵਾਲੇ ਪੰਜਾਬ ਅਤੇ ਵਿਦੇਸ਼ ਵੱਸਦੇ ਹਜ਼ਾਰਾਂ ਸ਼ਰਧਾਲੂਆਂ ਲਈ ਇੱਕ ਹੋਰ ਖੁਸ਼ਖਬਰੀ ਦੀ ਖਬਰ ਆਈ ਹੈ। ਇਸ ਸੰਬੰਧੀ ਪ੍ਰੈਸ ਨੂੰ ਜਾਰੀ ਇਕ ਵਿਸ਼ੇਸ਼ ਬਿਆਨ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਏਅਰ ਇੰਡੀਆ ਨੇ ਅੰਮ੍ਰਿਤਸਰ-ਨਾਂਦੇੜ ਸਿੱਧੀਆਂ ਉਡਾਣਾਂ ਨੂੰ 30 ਅਕਤੂਬਰ ਤੋਂ ਮੁਅੱਤਲ ਕਰਨ ਦੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ ਹੁਣ 24 ਨਵੰਬਰ, 2021 ਤੋਂ ਇਸ ਸਿੱਧੀ ਉਡਾਣ ਨੂੰ ਮੁੜ ਸ਼ੁਰੂ ਕਰ ਰਹੀ ਹੈ।

ਏਅਰ ਇੰਡੀਆ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈੱਬਸਾਈਟ ‘ਤੇ ਉਪਲਬਧ ਸਮਾਂ ਸੂਚੀ ਅਨੁਸਾਰ, ਇਹ ਉਡਾਣ ਹੁਣ ਅੰਮ੍ਰਿਤਸਰ ਤੋਂ ਹਰ ਬੁੱਧਵਾਰ ਸਵੇਰੇ 10:45 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 1 ਵਜੇ ਨਾਂਦੇੜ ਪਹੁੰਚੇਗੀ। ਇਸੇ ਤਰ੍ਹਾਂ ਨਾਂਦੇੜ ਤੋਂ ਪਹਿਲੀ ਉਡਾਣ 27 ਨਵੰਬਰ ਤੋਂ ਸ਼ੁਰੂ ਹੋਵੇਗੀ ‘ਤੇ ਹਰ ਸ਼ਨੀਵਾਰ ਸਵੇਰੇ 9:15 ਵਜੇ ਰਵਾਨਾ ਹੋ ਕੇ ਸਵੇਰੇ 11:30 ਵਜੇ ਅੰਮ੍ਰਿਤਸਰ ਉਤਰੇਗੀ। ਏਅਰ ਇੰਡੀਆਂ ਵਲੋਂ ਇਸ ਉਡਾਣ ਨਾਲ ਮੁੰਬਈ ਨੂੰ ਵੀ ਸਿੱਧਾ ਨਾਂਦੇੜ ਨਾਲ ਜੋੜ ਦਿੱਤਾ ਗਿਆ ਹੈ। ਅੰਮ੍ਰਿਤਸਰ ਤੋਂ ਨਾਂਦੇੜ ਪਹੁੰਚ ਕੇ ਜਹਾਜ਼ ਫਿਰ ਮੁੰਬਈ ਲਈ ਰਵਾਨਾ ਹੋਵੇਗਾ ਅਤੇ ਇਸੇ ਤਰਾਂ ਸ਼ਨੀਵਾਰ ਨੂੰ ਮੁੰਬਈ ਤੋਂ ਨਾਂਦੇੜ ਪਹੁੰਚ ਕੇ ਫਿਰ ਅੰਮ੍ਰਿਤਸਰ ਲਈ ਉਡਾਣ ਭਰੇਗਾ।

ਗੁਮਟਾਲਾ ਨੇ ਕਿਹਾ ਕਿ, ਏਅਰ ਇੰਡੀਆ ਨੇ ਅਕਤੂਬਰ ਮਹੀਨੇ ਵਿੱਚ, 2021-22 ਲਈ ਆਪਣੇ ਸਰਦ ਰੁੱਤ ਦੀ ਸਮਾਂ ਸੂਚੀ ਵਿਚੋਂ ਇਸ ਸਿੱਧੀ ਉਡਾਣ ਦੀ ਬੁਕਿੰਗ ਨੂੰ ਮੁਅੱਤਲ ਕਰ ਦਿੱਤਾ ਸੀ। ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਨੇ ਇਹ ਮਾਮਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਮੀਡੀਆ ਦੇ ਧਿਆਨ ਵਿੱਚ ਲਿਆਂਦਾ ਅਤੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਏਅਰ ਇੰਡੀਆ ਵੱਲੋਂ ਦੋਵਾਂ ਪਵਿੱਤਰ ਸ਼ਹਿਰਾਂ ਵਿਚਕਾਰ ਇਸ ਮਹੱਤਵਪੂਰਨ ਹਵਾਈ ਸੰਪਰਕ ਨੂੰ ਜਾਰੀ ਰੱਖਿਆ ਜਾਵੇ। ਇਸ ਦੇ ਬੰਦ ਹੋਣ ਨਾਲ ਦੇਸ਼-ਵਿਦੇਸ਼ ਤੋਂ ਸ਼ਰਧਾਲੂਆ ਦੇ ਵਿਚ ਰੋਸ ਦੀ ਲਹਿਰ ਫੈਲ ਗਈ ਸੀ।
ਅੰਮ੍ਰਿਤਸਰ-ਨਾਂਦੇੜ ਦੇ ਵਿਚਕਾਰ ਸਿੱਧੀ ਉਡਾਣ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਸੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦੇਸ਼ ਤੋਂ ਪੰਜਾਬ ਆਓਣ ਵਾਲੇ ਪ੍ਰਵਾਸੀ ਪੰਜਾਬੀ ਅਤੇ ਪੰਜਾਬ ਦੇ ਨਾਲ ਨਾਲ ਦੂਜੇ ਗੁਆਂਢੀ ਰਾਜਾਂ ਦੇ ਯਾਤਰੀ ਵੀ ਦਰਸ਼ਨ ਕਰਨ ਲਈ ਇਸ ਉਡਾਣ ਰਾਹੀਂ ਜਾਂਦੇ ਸਨ। ਇਹ ਸਿੱਧੀ ਉਡਾਣ ਬੜੇ ਲੰਮੇ ਸਮੇਂ ਤੋਂ ਪੰਜਾਬੀਆਂ ਦੁਆਰਾ ਕੀਤੀ ਜਾ ਰਹੀ ਮੰਗ ਨੂੰ ਮੁੱਖ ਰੱਖ ਕੇ ਸ਼ੁਰੂ ਕੀਤੀ ਗਈ ਸੀ। ਹੁਣ ਇਸਦੇ ਮੁੜ ਸ਼ੁਰੂ ਹੋਣ ਨਾਲ ਯਾਤਰੀ ਮੂੜ ਹਜ਼ੂਰ ਸਾਹਿਬ ਦਰਸ਼ਨ ਕਰਨ ਲਈ ਸਿਰਫ 2 ਘੰਟੇ 15 ਮਿੰਟ ਵਿੱਚ ਪਹੁੰਚ ਸਕਣਗੇ

ਗੁਮਟਾਲਾ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾ ਦਿੱਤਿਆ ਸਿੰਧੀਆ ਦਾ ਇਸ ਉਡਾਣ ਨੂੰ ਮੁੜ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਚੰਗਾ ਹੁੰਗਾਰਾ ਮਿਲਣ ‘ਤੇ ਏਅਰ ਇੰਡੀਆ ਇਸ ਉਡਾਣ ਦੇ ਸੰਚਾਲਨ ਨੂੰ ਮੁੜ ਤਿੰਨ ਦਿਨ ਕਰ ਦੇਵੇਗੀ। ਉਹਨਾਂ ਦੱਸਿਆ ਕਿ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਹਾਲ ਹੀ ਵਿੱਚ ਅੰਮ੍ਰਿਤਸਰ ਤੋਂ ਦਿੱਲੀ, ਮੁੰਬਈ ਅਤੇ ਸ਼੍ਰੀਨਗਰ ਲਈ ਗੋਫਸਟ ਏਅਰ ਲਾਈਨ ਵਲੌਂ ਰੋਜ਼ਾਨਾ ਛੇ ਉਡਾਣਾਂ ਦੀ ਸ਼ੁਰੂਆਤ ਤੋਂ ਬਾਅਦ ਇੱਕ ਮੀਟਿੰਗ ਦੌਰਾਨ ਗੋਫਸਟ ਏਅਰ ਲਾਈਨ ਦੇ ਅਧਿਕਾਰੀਆਂ ਨੂੰ ਪਿਛਲੇ ਸਾਲਾਂ ਦੇ ਅੰਕੜਿਆਂ ਸਮੇਤ ਅੰਮ੍ਰਿਤਸਰ-ਨਾਂਦੇੜ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਬੇਨਤੀ ਕੀਤੀ ਹੈ। ਉਹਨਾਂ ਪੰਜਾਬ ਸਰਕਾਰ ਨੂੰ ਹਵਾਈ ਅੱਡੇ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਬੀ.ਆਰ.ਟੀ.ਐਸ. ਮੈਟਰੋ ਬੱਸ ਸੇਵਾ ਤੁਰੰਤ ਬਹਾਲ ਕਰਨ ਅਤੇ ਹਵਾਈ ਅੱਡੇ ਨੂੰ ਪੰਜਾਬ ਦੇ ਹੋਰ ਸ਼ਹਿਰਾਂ ਦੀ ਬੱਸ ਸੇਵਾ ਨਾਲ ਜੋੜਨ ਦੀ ਵੀ ਅਪੀਲ ਕੀਤੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਿੱਠੜਾ ਕਾਲਜ ਦੇ 10 ਕੈਡਿਟਾਂ ਵੱਲੋਂ 10 ਰੋਜਾ ਸਾਂਝਾ ਸਲਾਨਾ ਐੱਨ ਸੀ ਸੀ ਕੈਂਪ ਲਗਾਇਆ ਗਿਆ
Next articleAsian Archery: Jyothi Surekha clinches compound gold medal, Abhishek bags silver